ਸ੍ਰੀ ਗੁਰੂ ਰਾਮਦਾਸ ਜੀ ਨੇ ਅੰਮ੍ਰਿਤਸਰ ਸ਼ਹਿਰ ਵਸਾਉਣ ਵਾਸਤੇ ਇਥੇ 52 ਕਿਰਤੀਆਂ ਨੂੰ ਸਥਾਪਿਤ ਕੀਤਾ ਸੀ | ਸ਼੍ਰੋਮਣੀ ਕਮੇਟੀ ਵਲੋਂ ਵੀ ਹਰ ਸਾਲ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਦੇ ਦੁਕਾਨਦਾਰਾਂ ਨੂੰ ਸੱਦਾ ਪੱਤਰ ਦਿੱਤੇ ਜਾਂਦੇ ਹਨ | ਇਸ ਵਾਰ ਵੀ ਸ਼੍ਰੋਮਣੀ ਕਮੇਟੀ ਦੇ ਵੱਡੇ ਅਹੁਦੇਦਾਰਾਂ ਨੇ ਆਪ ਪਹੁੰਚ ਕਰਕੇ ਪ੍ਰਕਾਸ਼ ਗੁਰਪੁਰਬ ਮਨਾਉਣ ਸਬੰਧੀ ਸ੍ਰੀ ਦਰਬਾਰ ਸਾਹਿਬ ਦੇ ਆਸ ਪਾਸ ਦੇ ਸਾਰੇ ਦੁਕਾਨਦਾਰਾਂ ਨੂੰ ਸੱਦਾ ਪੱਤਰ ਅਤੇ ਲੱਡੂਆਂ ਦਾ ਪ੍ਰਸ਼ਾਦ ਦਿੱਤਾ।
ਸ. ਮਹਿੰਦਰ ਸਿੰਘ ਆਹਲੀ ਨੇ ਦੁਕਾਨਦਾਰਾਂ ਨੂੰ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਮੁਬਾਰਕਬਾਦ ਦਿੰਦਿਆਂ ਪ੍ਰੇਰਨਾ ਕੀਤੀ ਕਿ ਇਸ ਮਹਾਨ ਗੁਰਪੁਰਬ ਮੌਕੇ ਸਾਡਾ ਸਭ ਦਾ ਸਾਂਝਾ ਫਰਜ਼ ਬਣਦਾ ਹੈ ਕਿ ਅਸੀਂ ਇਸ ਮੌਕੇ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਆਪੋ ਆਪਣਾ ਯੋਗਦਾਨ ਪਾਈਏ|ਤਾਂ ਜੋ ਦੇਸ਼ ਵਿਦੇਸ਼ ਤੋਂ ਪੁੱਜਦੀਆਂ ਸੰਗਤਾਂ ਚੰਗਾ ਪ੍ਰਭਾਵ ਲੈ ਕੇ ਜਾਣ, ਇਸ ਲਈ ਆਪੋ ਆਪਣੀਆਂ ਦੁਕਾਨਾਂ ਦੀ ਸਜਾਵਟ ਕੀਤੀ ਜਾਵੇ ਅਤੇ ਸਾਫ ਸਫਾਈ ਦਾ ਵੀ ਖਾਸ ਤੌਰ ’ਤੇ ਖਿਆਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਵਰੋਸਾਈ ਨਗਰੀ ਦੇ ਵਸਨੀਕ ਹੋਣਾ ਸਾਡੀ ਖੁਸ਼ਕਿਸਮਤੀ ਹੈ।
ਇਸ ਲਈ ਸ਼ਹਿਰ ਦੇ ਬਾਨੀ ਗੁਰੂ ਸਾਹਿਬ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਨਾ ਸਾਡਾ ਫਰਜ਼ ਹੈ। ਇਸ ਮਿਲਣੀ ਦੌਰਾਨ ਦੁਕਾਨਦਾਰਾਂ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਸਾਫ ਸਫਾਈ, ਦੀਪਮਾਲਾ ਅਤੇ ਬਾਹਰੋਂ ਆਈ ਸੰਗਤ ਦੀ ਸੇਵਾ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।ਨਾਲ ਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ 31 ਅਕਤੂਬਰ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਸ਼ਹਿਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵੀ ਅੱਜ ਇਕੱਤਰਤਾ ਕੀਤੀ ਗਈ। ਇਸ ਵਾਰ ਨਗਰ ਕੀਰਤਨ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ ਦੁਆਲੇ ਸਜਾਉਣ ਦੀ ਥਾਂ ਸ੍ਰੀ ਦਰਬਾਰ ਸਾਹਿਬ ਦੇ ਚੁਫੇਰੇ ਗਲਿਆਰੇ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇਗਾ।ਨਗਰ ਕੀਰਤਨ ਦੇ ਰਸਤੇ ਆਵਾਜਾਈ ਅਤੇ ਸਾਫ਼-ਸਫ਼ਾਈ ਨੂੰ ਲੈ ਕੇ ਕੀਤੀ ਗਈ ਇਕੱਤਰਤਾ ਮੌਕੇ ਏ.ਡੀ.ਸੀ. ਸ੍ਰੀ ਹਿਮਾਸ਼ੂ ਅਗਰਵਾਲ ਅਤੇ ਡੀ.ਸੀ.ਪੀ. ਸ. ਜਗਮੋਹਨ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਨਗਰ ਕੀਰਤਨ ਸਮੇਂ ਪੂਰਨ ਸਹਿਯੋਗ ਦਿੱਤਾ ਜਾਵੇਗਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪ੍ਰਕਾਸ਼ ਗੁਰਪੁਰਬ ਦਾ ਸੱਦਾ ਪੱਤਰ ਅਤੇ ਲੱਡੂਆਂ ਦਾ ਪ੍ਰਸ਼ਾਦ ਵੀ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਨਗਰ ਕੀਰਤਨ ਤੋਂ ਇਲਾਵਾ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ 1 ਨਵੰਬਰ ਦੀ ਰਾਤ ਨੂੰ 7 ਵਜੇ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਅਤੇ ਪੜਤਾਲ ਗਾਇਨ ਕੀਰਤਨ ਸਮਾਗਮ ਕਰਵਾਇਆ ਜਾਵੇਗਾ।ਇਸ ਤੋਂ ਇਲਾਵਾ 2 ਨਵੰਬਰ ਨੂੰ ਪ੍ਰਕਾਸ਼ ਗੁਰਪੁਰਬ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਵੇਰੇ 8:30 ਤੋਂ 12:00 ਵਜੇ ਤੀਕ ਜਲੌ ਸੱਜਣਗੇ। 2 ਨਵੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਅਤੇ ਰਾਤ ਸਮੇਂ ਕਵੀ ਦਰਬਾਰ ਵੀ ਹੋਵੇਗਾ। ਰਾਤ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਹੋਵੇਗੀ।
